18/08/2026
# # # ਔਰਤਾਂ, ਨੌਜਵਾਨਾਂ ਅਤੇ ਮਜ਼ਦੂਰਾਂ ਦੀ ਵਿਆਪਕ ਸ਼ਮੂਲੀਅਤ ਯਕੀਨੀ ਬਣਾਉਣ ਦਾ ਅਹਿਦ
# # 20 ਸਤੰਬਰ ਨੂੰ ਜਲੰਧਰ ਦੀ ਇਤਿਹਾਸਕ ਕਿਸਾਨ-ਮਜ਼ਦੂਰ ਰੈਲੀ ਲਈ ਮਾਲਵੇ ਦੀ ਸਾਂਝੀ ਕਨਵੈਨਸ਼ਨ ਵਿੱਚ ਲਾਮਬੰਦੀ ਦਾ ਸੱਦਾ
# # # ਔਰਤਾਂ, ਨੌਜਵਾਨਾਂ ਅਤੇ ਮਜ਼ਦੂਰਾਂ ਦੀ ਵਿਆਪਕ ਸ਼ਮੂਲੀਅਤ ਯਕੀਨੀ ਬਣਾਉਣ ਦਾ ਅਹਿਦ
**ਮਾਨਸਾ, 18 ਅਗਸਤ 2026:**
ਆਲ ਇੰਡੀਆ ਕਿਸਾਨ ਮਹਾਸਭਾ ਦੀ 5ਵੀਂ ਕੌਮੀ ਡੈਲੀਗੇਟ ਕਾਨਫਰੰਸ ਦੇ ਮੌਕੇ 20 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ-ਮਜ਼ਦੂਰ ਰੈਲੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਲਈ ਅੱਜ ਬਾਬਾ ਬੂਝਾ ਸਿੰਘ ਭਵਨ, ਮਾਨਸਾ ਵਿਖੇ ਮਾਲਵਾ ਖੇਤਰ ਦੇ ਕਿਸਾਨ ਅਤੇ ਮਜ਼ਦੂਰ ਕਾਰਕੁਨਾਂ ਦੀ ਭਰਵੀਂ ਸਾਂਝੀ ਕਨਵੈਨਸ਼ਨ ਹੋਈ। ਕਨਵੈਨਸ਼ਨ ਵਿੱਚ ਫੈਸਲਾ ਕੀਤਾ ਗਿਆ ਕਿ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪਿੰਡ-ਪਿੰਡ ਅਤੇ ਘਰ-ਘਰ ਮੁਹਿੰਮ ਚਲਾਈ ਜਾਵੇਗੀ ਅਤੇ ਖ਼ਾਸ ਤੌਰ 'ਤੇ ਔਰਤਾਂ, ਨੌਜਵਾਨਾਂ ਅਤੇ ਖੇਤ ਮਜ਼ਦੂਰਾਂ ਦੀ ਵਿਆਪਕ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।
ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ ਪੰਜਾਬ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸੱਦੀ ਗਈ ਇਸ ਕਨਵੈਨਸ਼ਨ ਦੀ ਪ੍ਰਧਾਨਗੀ ਰਾਮਫਲ ਸਿੰਘ ਚੱਕ ਅਲੀਸ਼ੇਰ, ਊਧਮ ਸਿੰਘ ਸੰਤੋਖਪੁਰਾ, ਗੋਬਿੰਦ ਸਿੰਘ ਛਾਜਲੀ, ਬੂਟਾ ਸਿੰਘ ਚੱਕਰ, ਆਤਮਾ ਰਾਮ ਸਰਦੂਲਗੜ੍ਹ, ਮੰਗਤ ਰਾਮ ਕਰੰਡੀ ਅਤੇ ਜੱਗਾ ਸਿੰਘ ਖੂਹੀਆਂ ਸਰਵਰ ਨੇ ਕੀਤੀ, ਜਦਕਿ ਮੰਚ ਸੰਚਾਲਨ ਪੰਜਾਬ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਨੇ ਕੀਤਾ।
ਕਨਵੈਨਸ਼ਨ ਦੀ ਸ਼ੁਰੂਆਤ ਹਾਲ ਹੀ ਵਿੱਚ ਵਿਛੜੇ ਕਿਸਾਨ ਆਗੂਆਂ ਅਤੇ ਸੰਘਰਸ਼ਸ਼ੀਲ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇੱਕ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸੁਖਦਰਸ਼ਨ ਸਿੰਘ ਨੱਤ, ਦਰਸ਼ਨ ਸਿੰਘ ਬੇਲੂ ਮਾਜਰਾ, ਅਮਰੀਕ ਸਿੰਘ ਫਫੜੇ, ਰਾਮਫਲ ਸਿੰਘ ਚੱਕ ਅਲੀਸ਼ੇਰ, ਲਾਲ ਚੰਦ ਸਰਦੂਲਗੜ੍ਹ, ਊਧਮ ਸਿੰਘ ਸੰਤੋਖਪੁਰਾ, ਇਕਬਾਲ ਕੌਰ ਉਦਾਸੀ, ਇਨਕਲਾਬੀ ਨੌਜਵਾਨ ਸਭਾ ਦੇ ਹਰਵਿੰਦਰ ਸਿੰਘ ਜੋੜਕੀਆਂ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਵਿੰਦਰ ਘਰਾਂਗਣਾ, ਪ੍ਰਗਟ ਸਿੰਘ ਜਾਮਾਰਾਏ ਅਤੇ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ 20 ਸਤੰਬਰ ਨੂੰ "ਚਲੋ ਜਲੰਧਰ" ਦਾ ਸੱਦਾ ਦਿੱਤਾ।
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਪੱਖੀ ਅਤੇ ਫਿਰਕੂ ਨੀਤੀਆਂ ਰਾਹੀਂ ਜਲ, ਜੰਗਲ, ਜ਼ਮੀਨ ਸਮੇਤ ਦੇਸ਼ ਦੇ ਕੁਦਰਤੀ ਸਰੋਤਾਂ ਅਤੇ ਸਿੱਖਿਆ-ਸਿਹਤ ਵਰਗੇ ਬੁਨਿਆਦੀ ਖੇਤਰਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨੂੰ ਬਦਨਾਮ ਕਰਨ ਅਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਦੇਸ਼ ਦੇ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਆਮ ਲੋਕ ਡਟ ਕੇ ਮੁਕਾਬਲਾ ਕਰਨਗੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਨਾਲ ਕਿਸਾਨਾਂ, ਮਜ਼ਦੂਰਾਂ, ਪ੍ਰਚੂਨ ਵਪਾਰੀਆਂ ਅਤੇ ਪੇਂਡੂ ਗਰੀਬਾਂ ਦੀ ਰੋਜ਼ੀ-ਰੋਟੀ ਉੱਤੇ ਗੰਭੀਰ ਸੰਕਟ ਖੜ੍ਹਾ ਹੋਵੇਗਾ। ਇਸ ਲਈ 20 ਸਤੰਬਰ ਦੀ ਜਲੰਧਰ ਰੈਲੀ ਨੂੰ ਇਨ੍ਹਾਂ ਹਮਲਿਆਂ ਖ਼ਿਲਾਫ਼ ਸਾਂਝੇ ਵਿਰੋਧ ਦਾ ਮਜ਼ਬੂਤ ਮੰਚ ਬਣਾਉਣ ਦਾ ਸੱਦਾ ਦਿੱਤਾ ਗਿਆ।
ਬੁਲਾਰਿਆਂ ਨੇ ਦੱਸਿਆ ਕਿ ਰੈਲੀ ਦੇ ਮੰਚ ਤੋਂ ਜੰਤਰ-ਮੰਤਰ ਵਿਖੇ ਚਲੇ ਵਿਦਿਆਰਥੀ ਅੰਦੋਲਨ ਦੌਰਾਨ 23 ਦਿਨਾਂ ਤੱਕ ਭੁੱਖ ਹੜਤਾਲ ਕਰਨ ਵਾਲੇ ਵਿਦਿਆਰਥੀ ਆਗੂ ਨੇਹਾ ਬੋਰਾ ਅਤੇ ਆਮੀਨ ਅਮਿਤੋਜ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਉਪਰੰਤ ਸ਼ੁਰੂ ਹੋਣ ਵਾਲੀ ਆਲ ਇੰਡੀਆ ਕਿਸਾਨ ਮਹਾਸਭਾ ਦੀ ਦੋ ਰੋਜ਼ਾ ਕੌਮੀ ਡੈਲੀਗੇਟ ਕਾਨਫਰੰਸ ਵਿੱਚ ਦੇਸ਼ ਦੇ ਵੀਹ ਤੋਂ ਵੱਧ ਸੂਬਿਆਂ ਤੋਂ ਲਗਭਗ ਇੱਕ ਹਜ਼ਾਰ ਡੈਲੀਗੇਟ ਸ਼ਮੂਲੀਅਤ ਕਰਨਗੇ।
ਕਨਵੈਨਸ਼ਨ ਨੇ ਸਮੂਹ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਪਹੁੰਚ ਕਰਕੇ ਰੈਲੀ ਲਈ ਜਨ ਸੰਪਰਕ ਮੁਹਿੰਮ ਚਲਾਉਣ, ਸਹਿਯੋਗ ਇਕੱਠਾ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਲੰਧਰ ਲਿਜਾਣ ਲਈ ਆਵਾਜਾਈ ਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਉਣ।
ਅੰਤ ਵਿੱਚ ਲੋਕ ਗਾਇਕ ਅਜਮੇਰ ਅਕਲੀਆ ਨੇ ਆਪਣੇ ਇਨਕਲਾਬੀ ਗੀਤਾਂ ਰਾਹੀਂ ਹਾਜ਼ਰੀਨ ਵਿੱਚ ਜੋਸ਼ ਭਰਿਆ। ਇਸ ਮੌਕੇ ਪ੍ਰਗਤੀਸ਼ੀਲ ਇਸਤਰੀ ਸਭਾ, ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ।