03/09/2026
ਰੋਲ ਆਬਜ਼ਰਵਰ - ਕਮ -ਡਵੀਜ਼ਨਲ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ. ਸਬੰਧੀ ਅਹਿਮ ਮੀਟਿੰਗ
ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ ਨੂੰ ਪ੍ਰਾਪਤ ਦਾਅਵੇ ਇਤਰਾਜ਼ਾਂ ਦੇ ਰਿਕਾਰਡ ਦੀ ਕੀਤੀ ਜਾਂਚ ਪੜਤਾਲ
ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਰਾਂ ਤੋਂ ਲਈ ਫੀਡਬੈਕ
6 ਸਤੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ
ਮਾਨਸਾ, 3 ਸਤੰਬਰ:
ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਅੱਜ ਰੋਲ ਆਬਜ਼ਰਵਰ- ਕਮ -ਡਵੀਜ਼ਨਲ ਕਮਿਸ਼ਨਰ ਫਰੀਦਕੋਟ ਸ਼੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਰੋਲ ਆਬਜ਼ਰਵਰ ਨੇ ਐਸ.ਆਈ.ਆਰ. ਤਹਿਤ ਹੋਏ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲੈਂਦਿਆਂ ਵੱਖ-ਵੱਖ ਰਾਜਨੀਤਿਕ ਦਲਾਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਪਾਰਟੀ ਨੁਮਾਇੰਦਿਆਂ ਤੋਂ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਸਬੰਧੀ ਸੁਝਾਅ ਅਤੇ ਫੀਡਬੈਕ ਲੈਂਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਇੱਕ-ਇੱਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਅਤੀ ਜ਼ਰੂਰੀ ਹੈ।
ਇਸ ਦੇ ਨਾਲ ਹੀ ਰੋਲ ਆਬਜ਼ਰਵਰ ਨੇ ਪਾਰਟੀ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਲੋਕਾਂ ਦੀ ਸੁਵਿਧਾ ਲਈ 6 ਸਤੰਬਰ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਯੋਗ ਨਾਗਰਿਕ ਇਨ੍ਹਾਂ ਕੈਂਪਾਂ ਦਾ ਪੂਰਾ ਲਾਭ ਉਠਾ ਕੇ ਆਪਣੀ ਵੋਟ ਬਣਵਾ ਸਕਣ ਜਾਂ ਲੋੜੀਂਦੀ ਸੋਧ ਕਰਵਾ ਸਕਣ।
ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓ ਅਤੇ ਆਪਣੇ ਬੀ.ਐਲ.ਏ. ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਤਾਂ ਜੋ ਵੋਟਰ ਸੂਚੀ ਨੂੰ ਬਿਨਾਂ ਕਿਸੇ ਤਰੁੱਟੀ ਤੋਂ ਮੁਕੰਮਲ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੇਂ ਸਿਰ ਕੀਤਾ ਜਾਵੇ।
ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਮੀਟਿੰਗ ਉਪਰੰਤ ਰੋਲ ਆਬਜ਼ਰਵਰ ਕੰਵਲਪ੍ਰੀਤ ਕੌਰ ਬਰਾੜ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਪ੍ਰਾਪਤ ਦਾਅਤੇ ਇਤਰਾਜ਼ਾਂ ਸਬੰਧੀ ਰਿਕਾਰਡ ਦੀ ਬਰੀਕੀ ਨਾਲ ਜਾਂਚ ਪੜਤਾਲ ਵੀ ਕੀਤੀ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਓਥੇ ਮੌਜੂਦ ਵੋਟਰਾਂ ਤੇ ਚੋਣ ਅਮਲੇ ਨਾਲ ਗੱਲਬਾਤ ਕਰਦਿਆਂ ਐਸ ਆਈ ਆਰ ਪ੍ਰਕਿਰਿਆ ਬਾਰੇ ਫੀਡਬੈਕ ਹਾਸਲ ਕੀਤੀ।
ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਮਦ ਉਤੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਕੰਵਲਪ੍ਰੀਤ ਕੌਰ ਬਰਾੜ ਨੂੰ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮਾਨਸਾ ਬਲਜੀਤ ਕੌਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਬੁਢਲਾਡਾ ਗੁਰਮੀਤ ਕੁਮਾਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਆਮ ਆਦਮੀ ਪਾਰਟੀ ਦੀ ਤਰਫੋ ਵਿਧਾਇਕ ਡਾ. ਵਿਜੈ ਸਿੰਗਲਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਭਰਪੂਰ ਸਿੰਘ, ਮੈਂਬਰ ਪਾਰਲੀਮੈਂਟ ਦੀ ਤਰਫੋ ਸ਼੍ਰੋਮਣੀ ਅਕਾਲੀ ਦਲ ਦੇ ਕੇ.ਐੱਸ.ਮਠਾੜੂ ਭਾਰਤੀ ਜਨਤਾ ਪਾਰਟੀ ਦੀ ਤਰਫੋ ਰੋਹਿਤ, ਬਹੁਜਨ ਸਮਾਜ ਪਾਰਟੀ ਵੱਲੋ ਬਾਬੂ ਸਿੰਘ, ਸੀ.ਪੀ.ਆਈ. (ਐੱਮ) ਵੱਲੋਂ ਸਵਰਨਜੀਤ ਸਿੰਘ ਦਲਿਓ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਅਮ੍ਰਿਤਪਾਲ ਸਿੰਘ, ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਹਾਜ਼ਰ ਸਨ।